ਆਈ.ਏ.ਐਸ. ਦੇ ਨਾਪਾਕ ਇਰਾਦੇ ਕਦੇ ਕਾਮਯਾਬ ਨਹੀਂ ਹੋਣ ਦਵੇਗੀ ਪੰਜਾਬ ਪੁਲਿਸ- ਡੀ.ਜੀ.ਪੀ.

ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਆਈ.ਐਸ.ਆਈ. ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਪੁਲਿਸ ਉਨ੍ਹਾਂ ਦੇ ਨਾਪਾਕ ਇਰਾਦੇ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਥੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪਾਂ ਦੇ ਨਾਲ ਨਾਲ ਛੋਟੇ ਹਥਿਆਰ ਵੀ ਆਉਣੇ ਸ਼ੁਰੂ ਹੋ ਗਏ ਹਨ, ਜਿਸ ਤਹਿਤ ਹੁਣ ਤੱਕ ਬਹੁਤ ਸਾਰੇ ਤਸਕਰਾਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਜਾ ਚੁੱਕਿਆ ਹੈ।
ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਤੋਂ ਇਲਾਵਾ ਬੀ.ਐਸ.ਐਫ਼. ਅਤੇ ਪੈਰਾਮਿਲਟਰੀ ਫੋਰਸ ਦੀਆਂ ਟੁਕੜੀਆਂ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖਣਗੀਆਂ। ਇਸੇ ਦੌਰਾਨ ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।