ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣ-ਪਛਾਤੀ ਔਰਤ ਦੀ ਮੌਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 29 ਸਤੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣ-ਪਛਾਤੀ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ. ਐਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਕ ਅਣ-ਪਛਾਤੀ ਔਰਤ, ਜਿਸ ਦੀ ਉਮਰ ਕਰੀਬ 40 ਤੋਂ 45 ਸਾਲ ਦੱਸੀ ਜਾ ਰਹੀ ਹੈ ਤੇ ਜੋ ਦਿਮਾਗੀ ਹਾਲਤ ਤੋਂ ਕਮਜ਼ੋਰ ਜਾਪਦੀ ਹੈ, ਜਿਸ ਨੂੰ ਕੋਈ ਵਿਅਕਤੀ ਇਲਾਜ ਵਾਸਤੇ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਛੱਡ ਗਿਆ ਸੀ।
ਉਕਤ ਔਰਤ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਹੋਇਆਂ ਡਾਕਟਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਈ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ ਹੈ। ਐਸ. ਐਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਔਰਤ ਦੀ ਪਹਿਚਾਣ ਵਾਸਤੇ ਉਸ ਦੀ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੱਖਿਆ ਗਿਆ ਹੈ।