ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ
ਬਠਿੰਡਾ, 18 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ) - ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੇ ਮਾਨਸਾ ਵਲੋਂ ਸਾਂਝੇ ਤੌਰ 'ਤੇ ਡੀ.ਸੀ. ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸ਼ੰਭੂ ਬਾਰਡਰ ਉੱਪਰ ਜੋ ਕਿਸਾਨਾਂ ਦਾ ਨੁਕਸਾਨ ਕੀਤਾ ਗਿਆ, ਉਸ ਦੀ ਭਰਪਾਈ ਨੂੰ ਲੈ ਕੇ ਅਤੇ ਮੋਰਚੇ ਦੌਰਾਨ ਸ਼ਹੀਦੀਆਂ ਪਾ ਚੁੱਕੇ ਸਾਥੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਤੇ ਮੁਆਵਜ਼ੇ ਨੂੰ ਲੈਕੇ ਕਈ ਵਾਰ ਮੰਗ ਪੱਤਰ ਦੇਣ ਤੋਂ ਇਲਾਵਾ ਧਰਨੇ ਪ੍ਰਦਰਸ਼ਨ ਕੀਤੇ ਗਏ ਪਰ ਮਾਨ ਸਰਕਾਰ ਨੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਤੇ ਉਲਟਾ ਪਰਾਲੀ ਵਾਲੇ ਮਸਲੇ ਨੂੰ ਲੈਕੇ ਕਿਸਾਨਾਂ ਉੱਪਰ ਮਾਮਲੇ ਦਰਜ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਡੀਸੀ ਦਫਤਰਾਂ ਅੱਗੇ ਇਸ ਦੋ ਦਿਨਾਂ ਦੇ ਸੰਕੇਤਕ ਧਰਨੇ ਪ੍ਰਦਰਸ਼ਨ ਦੌਰਾਨ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 20 ਦਸੰਬਰ ਨੂੰ ਕਿਸਾਨ ਮਜ਼ਬੂਰੀ ਵੱਸ ਰੇਲਾਂ ਦੀਆਂ ਪਟੜੀਆਂ ਉੱਪਰ ਬੈਠਣਗੇ ਤਾਂ ਜੋ ਸੁੱਤੀ ਹੋਈ ਸਰਕਾਰ ਨੂੰ ਜਗਾਇਆ ਜਾ ਸਕੇ। ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ ਵਿਚ ਬਿਜਲੀ ਸੋਧ ਬਿੱਲ 2025 ਲਿਆਂਦਾ ਜਾ ਰਿਹਾ ਹੈ ਜੋ ਕਿ ਲੋਕਾਂ ਦੀਆਂ ਜੇਬਾਂ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਹੈ।
;
;
;
;
;
;
;
;