ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੇ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਡਾ. ਨਿੱਝਰ ਨੇ ਜਥੇਦਾਰ ਨੂੰ ਸੌਂਪੇ ਸਪੱਸ਼ਟੀਕਰਨ
ਅੰਮ੍ਰਿਤਸਰ, 5 ਜਨਵਰੀ (ਜਸਵੰਤ ਸਿੰਘ ਜੱਸ)- ਅੱਜ ਇਥੇ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਨਿਮਰਤਾ ਨਾਲ ਪੇਸ਼ ਹੋ ਕੇ ਆਪਣੇ ਵਿਭਾਗ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਰਾਇ ਦਿੱਤੀ ਹੈ ਕਿ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਨੂੰ ਇਕ ਅਜਿਹਾ ਅਧਿਕਾਰੀ ਨਿਯੁਕਤ ਕਰਨਾ ਚਾਹੀਦਾ ਹੈ, ਜਿਸ ਨੂੰ ਸਿੱਖ ਸਿਧਾਂਤਾਂ, ਪਰੰਪਰਾਵਾਂ, ਪੰਜਾਬੀ ਬੋਲੀ ਅਤੇ ਵਿਰਾਸਤ ਦਾ ਸਹੀ ਗਿਆਨ ਹੋਵੇ, ਤਾਂ ਜੋ ਭਵਿੱਖ ਵਿਚ ਧਾਰਮਿਕ ਸੰਸਥਾਵਾਂ ਨਾਲ ਸੰਬੰਧਿਤ ਵਿਭਾਗ ਦੀਆਂ ਗਤੀਵਿਧੀਆਂ ਵਿਚ ਕੋਈ ਗਲਤੀ ਜਾਂ ਧਾਰਮਿਕ ਮਰਿਆਦਾ ਦੀ ਉਲੰਘਣਾ ਨਾ ਹੋਵੇ।
ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜਿਹੇ ਅਧਿਕਾਰੀ ਦੀ ਨਿਯੁਕਤੀ ਕਰਨ ਅਤੇ ਭਵਿੱਖ ਦੇ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਲਈ ਇਕ ਸਮੀਖਿਆ/ਪ੍ਰਵਾਨਗੀ ਪੈਨਲ ਬਣਾਉਣ ਦੀ ਬੇਨਤੀ ਕਰਨਗੇ, ਜਿਵੇਂ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਵੀ ਕੀਤਾ ਗਿਆ ਸੀ। ਉਨ੍ਹਾਂ ਸਪੱਸ਼ਟੀਕਰਨ ਸਵੀਕਾਰ ਕਰਨ ਲਈ ਜਥੇਦਾਰ ਦਾ ਧੰਨਵਾਦ ਕੀਤਾ।
ਇਸ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵੀ ਜਥੇਦਾਰ ਨੂੰ ਸਪੱਸ਼ਟੀਕਰਨ ਦੇਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਵਾਨ ਦੇ ਅੰਮ੍ਰਿਤਧਾਰੀ ਮੈਂਬਰਾਂ ਦੀ ਗਿਣਤੀ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਦੀਵਾਨ ਦੇ ਸੰਵਿਧਾਨ ਅਨੁਸਾਰ ਸਾਰੇ ਮੈਂਬਰਾਂ ਦਾ ਅੰਮ੍ਰਿਤਧਾਰੀ ਹੋਣਾ ਲਾਜ਼ਮੀ ਹੈ ਅਤੇ ਉਹ ਇਸ ਬਾਰੇ ਅਕਾਲ ਤਖ਼ਤ ਅਤੇ ਜਥੇਦਾਰ ਦੇ ਮਾਰਗ ਦਰਸ਼ਨ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੈਰ-ਅੰਮ੍ਰਿਤਧਾਰੀ ਮੈਂਬਰ ਹੈ, ਨੂੰ ਅੰਮ੍ਰਿਤ ਛਕਣ ਲਈ ਪਿਆਰ ਨਾਲ ਉਤਸ਼ਾਹਿਤ ਕਰਨਗੇ । ਉਨ੍ਹਾਂ ਦੱਸਿਆ ਕਿ ਉਨ੍ਹਾਂ ਜਥੇਦਾਰ ਸਾਹਿਬ ਨਾਲ ਦੀਵਾਨ ਵਲੋਂ ਵਿੱਦਿਅਕ ਖੇਤਰਾਂ ਵਿਚ ਕੀਤੇ ਜਾ ਰਹੇ ਹੋਰ ਉਪਰਾਲਿਆਂ ਸੰਬੰਧੀ ਵੀ ਚਰਚਾ ਕੀਤੀ।
;
;
;
;
;
;
;
;