ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਮਾਮਲੇ ’ਚ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ
ਅੰਮ੍ਰਿਤਸਰ, 9 ਫ਼ਰਵਰੀ (ਹਰਿੰਦਰ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਪਿਛਲੇ ਦਿਨੀਂ ਇਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਵਾਸੀ ਗੁਰਜੰਟ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ। ਨਿਰਧਾਰਤ ਸਮੇਂ ਅਨੁਸਾਰ ਅੱਜ ਗੁਰਜੰਟ ਸਿੰਘ ਨਿੱਜੀ ਤੌਰ ’ਤੇ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ। ਇਸ ਮੌਕੇ ਉਨ੍ਹਾਂ ਵਲੋਂ ਮੀਡੀਆ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਨਹੀਂ ਕੀਤੀ ਗਈ।
ਦੱਸਣਯੋਗ ਹੈ ਕਿ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪ੍ਰੈੱਸ ਨੋਟ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਅਤੇ ਮਰਿਆਦਾ ਵਿਰੁੱਧ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਅਜਿਹੇ ਬਿਆਨਾਂ ਰਾਹੀਂ ਗੁਰੂ ਸਾਹਿਬਾਨ ਦੇ ਸਤਿਕਾਰ ਨੂੰ ਨੀਵਾਂ ਕਰਨ ਦੀ ਕੋਸ਼ਿਸ਼ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਮਾਮਲੇ ਸੰਬੰਧੀ ਅਗਲੀ ਕਾਰਵਾਈ ਗੁਰਜੰਟ ਸਿੰਘ ਵਲੋਂ ਦਿੱਤੇ ਗਏ ਸਪੱਸ਼ਟੀਕਰਨ ਦੀ ਜਾਂਚ ਉਪਰੰਤ ਤੈਅ ਕੀਤੀ ਜਾਵੇਗੀ।
;
;
;
;
;
;
;
;