ਕੱਪੜਾ ਵਪਾਰੀ ਦੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
ਕਪੂਰਥਲਾ, 23 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੀ ਰਾਤ ਕਪੂਰਥਲਾ ਦੇ ਜਲੰਧਰ ਰੋਡ 'ਤੇ ਪਟੇਲ ਨਗਰ ਕਾਲੋਨੀ ਵਿਚ ਅਣਪਛਾਤੇ ਚੋਰਾਂ ਵਲੋਂ ਇਕ ਕੱਪੜਾ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰ ਦੇ ਇਕ ਦੇ ਮੈਂਬਰ ਡੀ.ਐਮ.ਸੀ. ਦਾਖਲ ਹੋਣ ਕਾਰਨ ਸਾਰਾ ਪਰਿਵਾਰ ਉੱਥੇ ਗਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕਿ ਚੋਰਾਂ ਦੀ ਪਛਾਣ ਲਈ ਘਟਨਾ ਸਥਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਚੋਰ ਖਿੜਕੀ ਦੀ ਗਰਿੱਲ ਤੋੜ ਕੇ ਘਰ ਵਿਚ ਦਾਖਲ ਹੋਏ ਤੇ ਲਗਭਗ 1.5 ਲੱਖ ਰੁਪਏ ਦੀ ਨਕਦੀ ਅਤੇ ਲਗਭਗ 20 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦਾ ਇਕ ਮੈਂਬਰ ਗੰਭੀਰ ਰੂਪ ਵਿਚ ਬਿਮਾਰ ਸੀ ਅਤੇ ਉਸਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ਕਾਰਨ ਪੂਰਾ ਪਰਿਵਾਰ ਦੇਰ ਰਾਤ ਘਰੋਂ ਬਾਹਰ ਸੀ ਅਤੇ ਘਰ ਨੂੰ ਤਾਲਾ ਲੱਗਿਆ ਹੋਇਆ ਸੀ। ਚੋਰਾਂ ਨੇ ਇਸ ਸਥਿਤੀ ਦਾ ਫ਼ਾਇਦਾ ਉਠਾਉਂਦੇ ਹੋਏ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਜਾਂਚ ਅਧਿਕਾਰੀ ਮੰਗਲ ਸਿੰਘ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਉਮੀਦ ਹੈ ਕਿ ਜਲਦੀ ਹੀ ਚੋਰਾਂ ਦੀ ਪਛਾਣ ਕਰ ਲਈ ਜਾਵੇਗੀ ਅਤੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।
;
;
;
;
;
;
;