ਗੁਰਦੁਆਰਾ ਗੁਪਤਸਰ ਸਾਹਿਬ ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਤੋਂ 7 ਦਿਨਾਂ 16ਵਾਂ ਮਹਾਨ ਨਗਰ ਕੀਰਤਨ ਆਰੰਭ
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤ ਦਿਨਾਂ 16ਵਾਂ ਮਹਾਨ ਨਗਰ ਕੀਰਤਨ ਅੱਜ ਇਤਿਹਾਸਿਕ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਛੱਤਿਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸ਼ੁਰੂ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਵੱਡੀ ਬੱਸ ਵਾਲੀ ਪਾਲਕੀ ਵਿਚ ਸੁਸ਼ੋਭਿਤ ਸਨ। ਇਸ ਨਗਰ ਕੀਰਤਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਪੰਜਾ ਸਾਹਿਬ ਦੇ ਦੁਨੀਆ ਦੇ ਸਭ ਤੋਂ ਵੱਡੇ ਮਾਡਲ ਬਣਾ ਕੇ ਵੱਡੇ ਟਰੱਕ ਟਰਾਲਿਆਂ ਉੱਪਰ ਸਜਾ ਕੇ ਨਗਰ ਕੀਰਤਨ ਵਿਚ ਸ਼ਾਮਿਲ ਕੀਤੇ ਗਏ।
ਸਿੰਘਾਂ ਵਲੋਂ ਗੱਤਕੇ ਦੇ ਜੌਹਰ ਵਿਖਾਏ ਗਏ ਅਤੇ ਬੈਂਡ ਪਾਰਟੀ ਵਲੋਂ ਧਾਰਮਿਕ ਧੁਨਾਂ ਰਾਹੀਂ ਮਾਹੌਲ ਨੂੰ ਆਨੰਦਿਤ ਕੀਤਾ ਗਿਆ। ਵੱਖ-ਵੱਖ ਪਿੰਡਾਂ ਵਿਚ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਆਖਰੀ ਦਿਨ 6 ਮਾਰਚ ਨੂੰ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਵੇਰੇ 8:30 ਵਜੇ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਪਾਕਿਸਤਾਨ ਸਰਹੱਦ ਵਿਖੇ ਪਹੁੰਚੇਗਾ। ਇਥੇ ਸੰਪੂਰਨਤਾ ਦੀ ਅਰਦਾਸ ਉਪਰੰਤ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦਾ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਮੈਨੇਜਰ ਭਾਈ ਨਿਰਮਲਜੀਤ ਸਿੰਘ, ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ, ਸਾਬਕਾ ਮੈਨੇਜਰ ਕਰਨ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;