ਸੁਭਾਨਪੁਰ ਰੋਡ 'ਤੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
ਕਪੂਰਥਲਾ, 2 ਮਾਰਚ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ 'ਤੇ ਪੈਂਦੇ ਸਕੂਲ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਇਕ ਨੌਜਵਾਨ ਜੋ ਕਿ ਬੇਹੋਸ਼ੀ ਦੀ ਹਾਲਤ ਵਿਚ ਇਕ ਸਕੂਲ ਦੇ ਪਿਛਲੇ ਪਾਸੇ ਡਿੱਗਾ ਹੋਇਆ ਹੈ, ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ 72 ਘੰਟੇ ਲਈ ਰਖਵਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਆਸ-ਪਾਸ ਇਲਾਕੇ ਵਿਚ ਪੁੱਛਗਿਛ ਕੀਤੀ, ਪਰ ਉਕਤ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ | ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਇਸ ਖੇਤਰ ਵਿਚ ਆਏ ਦਿਨ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਰਹੀਆਂ ਹਨ | ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਖੇਤਰ ਵਿਚ ਗਸ਼ਤ ਵਧਾਈ ਜਾਵੇ ਤਾਂ ਜੋ ਇਸ ਖੇਤਰ ਵਿਚ ਹੋਣ ਵਾਲੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾ ਸਕੇ |
;
;
;
;
;
;
;