ਸਰਬੱਤ ਦਾ ਭਲਾ ਟਰੱਸਟ ਵਲੋਂ ਅੰਮ੍ਰਿਤਸਰ 'ਚ ਇਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
ਅੰਮ੍ਰਿਤਸਰ, 7 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ ) - ਆਪਣੀ ਜੇਬ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਅੱਜ ਅੰਮ੍ਰਿਤਸਰ ਦੇ ਈਸਟ ਮੋਹਨ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਕੀਤਾ ਗਿਆ। ਜਿਸ ਦੌਰਾਨ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜੂਦ ਸਨ।
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਭਾਈ ਬੰਦੀ (ਰਜਿ.) ਦੇ ਵੱਡੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਸ ਖੇਤਰ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਡਾ. ਐਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵਲੋਂ 200 ਲੈਬਾਰਟਰੀਆਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ 'ਚ 150 ਤੋਂ ਵਧੇਰੇ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਪਿਛਲੇ ਸਾਲ ਲਗਭਗ 27 ਲੱਖ ਤੋਂ ਵਧੇਰੇ ਲੋਕਾਂ ਨੇ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਕੇ ਲਾਭ ਲਿਆ ਹੈ। ਡਾ.ਉਬਰਾਏ ਨੇ ਭਾਈ ਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਸੌਂਦ ਤੇ ਸਕੱਤਰ ਸੁਖਵਿੰਦਰ ਸਿੰਘ ਘਟੋੜੇ ਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੀ ਲੋੜ ਮੁਤਾਬਿਕ ਬਹੁਤ ਹੀ ਜਲਦ ਟਰੱਸਟ ਵਲੋਂ ਇਥੇ ਇਕ ਆਧੁਨਿਕ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਸੈਂਟਰ ਵੀ ਖੋਲ੍ਹਿਆ ਜਾਵੇਗਾ। ਇਸ ਦੌਰਾਨ ਭਾਈ ਬੰਦੀ, ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਅਤੇ ਭੈਣ ਬੰਦੀ ਵਲੋਂ ਡਾ. ਉਬਰਾਏ ਤੇ ਉਨ੍ਹਾਂ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
;
;
;
;
;
;
;