ਹਲਕਾ ਸ਼ਾਹਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਨੂੰ ਸੁਖਬੀਰ ਬਾਦਲ ਨੇ ਕੀਤਾ ਸੰਬੋਧਨ
ਸ਼ਾਹਕੋਟ, 20 ਮਾਰਚ (ਏ.ਐਸ ਅਰੋੜਾ/ ਸੁਖਦੀਪ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੂਬੇ ਭਰ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਦਾਣਾ ਮੰਡੀ ਵਿਚ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਤੇ ਹਲਕਾ ਇੰਚਾਰਜ ਸ਼ਾਹਕੋਟ ਦੀ ਅਗਵਾਈ ’ਚ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿਚ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੱਧ ਚੜ੍ਹ ਕੇ ਸ਼ਾਮਿਲ ਹੋਏ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦਾ ਮਾਹੌਲ ਖਰਾਬ ਕਰ ਦਿੱਤਾ। ਨੌਜਵਾਨ ਨੌਕਰੀਆਂ ਨੂੰ ਤਰਸ ਰਹੇ ਹਨ, ਇੰਡਸਟਰੀ ਖ਼ਤਮ ਹੋ ਗਈ ਹੈ।
ਉਹਨਾਂ ਕਿਹਾ ਕਿ ਜਥੇਦਾਰ ਅਜੀਤ ਸਿੰਘ ਕੋਹਾੜ ਨੇ ਪਾਰਟੀ ਦੀ ਹਮੇਸ਼ਾ ਬਾਂਹ ਫੜੀ ਰੱਖੀ ਅਤੇ ਉਹਨਾਂ ਦੇ ਸਮੇਂ ਦੌਰਾਨ ਹਲਕੇ ’ਚ ਵੱਡੀ ਪੱਧਰ ’ਤੇ ਵਿਕਾਸ ਹੋਇਆ ਅਤੇ ਹੁਣ ਉਨ੍ਹਾਂ ਦੇ ਪੂਰਨਿਆਂ ’ਤੇ ਚੱਲਦਿਆਂ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਹਨਾਂ ਕਿਹਾ ਕਿ ਜਥੇਦਾਰ ਕੋਹਾੜ ਜਿਲ੍ਹੇ ਇਨਸਾਨਾਂ ਸਦਕਾ ਹੀ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਜਬੂਤ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਭੋਲੇ ਭਾਲੇ ਲੋਕਾਂ ਨੂੰ ਝੂਠ ਬੋਲ ਕੇ ਮੁੜ ਸੱਤਾ ਹਾਸਲ ਕਰਨਾ ਚਾਹੁੰਦੀ ਹੈ, ਪਰ ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਜੋ ਵੀ ਵਾਅਦੇ ਕੀਤੇ, ਉਨ੍ਹਾਂ ਨੂੰ ਪੂਰਾ ਕਰਕੇ ਵਿਖਾਇਆ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਿਥੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ, ਉੱਥੇ ਹੀ ਪਹਿਲਾ ਵਾਂਗ ਕਬੱਡੀ ਕੱਪ, ਪਸ਼ੂ ਮੇਲੇ ਵੀ ਕਰਵਾਏ ਜਾਣਗੇ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਆਈ ਹੋਈ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਦਾ ਧੰਨਵਾਦ ਕੀਤਾ।
;
;
;
;
;
;
;