ਗੜ੍ਹੇਮਾਰੀ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਸੁਖਬੀਰ ਸਿੰਘ ਬਾਦਲ
ਨਾਭਾ, 4 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਮਾਲਵਾ ਖਿੱਤੇ ਵਿਚ ਗੜ੍ਹੇਮਾਰੀ ਕਾਰਨ ਹੋਏ ਕਣਕ ਦੀ ਫਸਲ ਦੇ ਨੁਕਸਾਨ ਬਦਲੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ, ਜਿਵੇਂ ਕਿ 2022 ਦੀਆਂ ਚੋਣਾਂ ਦੇ ਮਨੋਰਥ ਪੱਤਰ ਵਿਚ ਆਮ ਆਦਮੀ ਪਾਰਟੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ।
ਅੱਜ ਇਥੇ ਪੰਜਾਬ ਬਚਾਓ ਮੁਹਿੰਮ ਤਹਿਤ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੇ ਨਾਲ ਰਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨ ਮਾਯੂਸੀ ਵਿਚ ਹਨ। ਉਨ੍ਹਾਂ ਨੂੰ ਸੂਬੇ ਭਰ ਤੋਂ ਰੋਜ਼ਾਨਾ ਫੋਨ ਆ ਰਹੇ ਹਨ ਕਿ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਇਕ ਰੁਪਿਆ ਵੀ ਮੁਆਵਜ਼ਾ ਨਹੀਂ ਮਿਲਿਆ। ਹੁਣ ਕਿਸਾਨ ਫਿਰ ਤੋਂ ਅਪੀਲ ਕਰ ਰਹੇ ਹਨ ਕਿ ਕਣਕ ਦੀ ਖੜ੍ਹੀ ਫਸਲ ਖਾਸ ਤੌਰ ’ਤੇ ਬਠਿੰਡਾ, ਮਾਨਸਾ, ਫਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਕਿਸਾਨਾਂ ਨੂੰ ਦੁੱਕੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਹੋਰ ਕੁਝ ਨਹੀਂ ਹੋ ਸਕਦਾ ਤਾਂ ਆਪ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਮੁਤਾਬਕ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਤਾਂ ਦੇਵੇ। ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿਚ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਬੀਰ ਦਾਸ, ਸੁਰਜੀਤ ਸਿੰਘ ਗੜ੍ਹੀ, ਜਸਪਾਲ ਸਿੰਘ ਬਿੱਟੂ ਚੱਠਾ, ਸਰਬਜੀਤ ਸਿੰਘ ਝਿੰਜਰ, ਅਮਿਤ ਰਾਠੀ, ਅਮਰਿੰਦਰ ਬਜਾਜ, ਜਗਮੀਤ ਸਿੰਘ ਹਰਿਆਊ, ਅਰਸ਼ਦੀਪ ਕਲੇਰ ਤੇ ਤੇਜਿੰਦਰਪਾਲ ਸਿੰਘ ਸੰਧੂ ਵੀ ਸ਼ਾਮਲ ਸਨ।
;
;
;
;
;
;
;
;
;